ਅੰਮ੍ਰਿਤਸਰ : ਮਾਮੂਲੀ ਝਗੜੇ ਨੇ ਧਾਰਿਆ ਖੂਨੀ ਰੂਪ, ਜੰਝ ਘਰ ਅੰਦਰ ਚੱਲੀਆਂ ਗੋਲੀਆਂ, ਨੌਜਵਾਨ ਦੀ ਮੌਤ!

ਅੰਮ੍ਰਿਤਸਰ ਵਿੱਚ ਇੱਕ ਵਾਰ ਫਿਰ ਤੋਂ ਗੋਲੀ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਤਾਜ਼ਾ ਮਾਮਲਾ ਪਿੰਡ ਬਲਕਲਾਂ ‘ਚ ਮਾਮੂਲੀ ਝਗੜੇ ਮਗਰੋਂ ਜੰਝ ਘਰ ਦੇ ਅੰਦਰ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ, ਜਿਸ ਵਿਚ 22 ਸਾਲਾਂ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਨੌਜਵਾਨ ਗੰਭੀਰ ਤੌਰ ‘ਤੇ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਤੁਰੰਤ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮ੍ਰਿਤਕ ਦੀ ਪਛਾਣ ਸਿਮਰਨਜੀਤ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਇਹ ਘਟਨਾ ਸ਼ਾਮ ਕਰੀਬ ਪੰਜ ਕੁ ਵਜੇ ਦੀ ਦੱਸੀ ਜਾ ਰਹੀ ਹੈ। ਮੌਕੇ ‘ਤੇ ਮੌਜੂਦ ਲੋਕਾਂ ਵਿੱਚ ਘਬਰਾਹਟ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ।
ਘਟਨਾ ਦੌਰਾਨ ਜ਼ਖ਼ਮੀ ਹੋਏ ਨੌਜਵਾਨ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਅਤੇ ਦੂਜਾ ਨੌਜਵਾਨ ਆਪਣੇ ਯਾਰ-ਦੋਸਤਾਂ ਨਾਲ ਜੰਝ ਘਰ ਵਿੱਚ ਮੌਜੂਦ ਸਨ। ਇਸ ਦੌਰਾਨ ਅਚਾਨਕ ਕੋਈ ਗੱਲਬਾਤ ਦੌਰਾਨ ਤਕਰਾਰ ਹੋ ਗਈ, ਜਿਸ ਤੋਂ ਬਾਅਦ ਕੁਝ ਨੌਜਵਾਨਾਂ ਨੇ ਪਿਸਤੌਲ ਕੱਢ ਕੇ ਤਾਬੜਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।
ਉਸ ਨੇ ਦੱਸਿਆ ਕਿ ਦੋ ਤੋਂ ਤਿੰਨ ਵਾਰੀ ਫਾਇਰ ਹੋਏ, ਜਿਨ੍ਹਾਂ ‘ਚ ਇੱਕ ਗੋਲੀ ਉਸ ਦੀ ਲੱਤ ‘ਚ ਲੱਗੀ, ਜਦਕਿ ਸਿਮਰਨਜੀਤ ਸਿੰਘ ਨੂੰ ਛਾਤੀ ‘ਚ ਗੋਲੀ ਲੱਗੀ। ਜ਼ਖ਼ਮੀ ਨੌਜਵਾਨ ਨੇ ਇਹ ਵੀ ਦੱਸਿਆ ਕਿ ਇਸ ਤੋਂ ਕੁਝ ਦਿਨ ਪਹਿਲਾਂ ਫ਼ੋਨ ‘ਤੇ ਆਪਸੀ ਤਕਰਾਰ ਹੋਈ ਸੀ, ਪਰ ਕੋਈ ਵੱਡੀ ਰੰਜਿਸ਼ ਨਹੀਂ ਸੀ। ਮਾਮਲਾ ਅਚਾਨਕ ਭੜਕ ਗਿਆ ਅਤੇ ਖੂਨੀ ਰੂਪ ਧਾਰ ਗਿਆ।
ਦੂਜੇ ਪਾਸੇ ਪੁਲਿਸ ਅਧਿਕਾਰੀ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਘਟਨਾ ਜੰਝ ਘਰ ਅੰਦਰ ਵਾਪਰੀ ਹੈ। ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਪੰਜ-ਛੇ ਦਿਨ ਪਹਿਲਾਂ ਦੋਨਾਂ ਧਿਰਾਂ ਵਿਚਕਾਰ ਮਾਮੂਲੀ ਝਗੜਾ ਹੋਇਆ ਸੀ, ਜਿਸ ਦੀ ਰੰਜਿਸ਼ ਕਾਰਨ ਇਹ ਗੋਲੀਬਾਰੀ ਹੋਈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜ਼ਖ਼ਮੀ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਪੁਲਿਸ ਵੱਲੋਂ ਦੱਸਿਆ ਗਿਆ ਹੈ ਕਿ ਮਾਮਲੇ ‘ਚ ਕੇਸ ਦਰਜ ਕੀਤਾ ਜਾ ਰਿਹਾ ਹੈ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਪਿੰਡ ਵਿੱਚ ਪੁਲਿਸ ਤਾਇਨਾਤ ਕਰ ਦਿੱਤੀ ਗਈ ਹੈ ਅਤੇ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ।

Leave a Reply

Your email address will not be published. Required fields are marked *