Site icon Amritsar Awaaz

ਭਿਆਨਕ ਸੜਕ ਹਾਦਸਾ : ਮੋਗਾ ਨੇੜੇ ਸੜਕ ਹਾਦਸੇ ਨੇ ਉਜਾੜਿਆ ਘਰ; ਇੱਕ ਵਿਅਕਤੀ ਨੇ ਤੋੜਿਆ ਦਮ, ਦੂਜਾ ਜ਼ਿੰਦਗੀ ਤੇ ਮੌਤ ਦੀ ਲੜ ਰਿਹਾ ਲੜਾਈ !

ਮੋਗਾ ਜ਼ਿਲ੍ਹੇ ਦੇ ਪਿੰਡ ਦੁਸਾਂਝ ਦੇ ਨੇੜੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿੱਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੂਜਾ ਵਿਅਕਤੀ ਗੰਭੀਰ ਹਾਲਤ ਵਿੱਚ ਜ਼ਖ਼ਮੀ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ, ਇਕ ਕਾਰ ਵਿੱਚ ਦੋ ਵਿਅਕਤੀ ਸਵਾਰ ਹੋ ਕੇ ਮੋਗਾ ਤੋਂ ਫਿਰੋਜ਼ਪੁਰ ਦੇ ਮਮਦੋਟ ਵੱਲ ਜਾ ਰਹੇ ਸਨ। ਜਿਵੇਂ ਹੀ ਕਾਰ ਪਿੰਡ ਦੁਸਾਂਝ ਦੇ ਨੇੜੇ ਪਹੁੰਚੀ ਤਾਂ ਅਚਾਨਕ ਗੱਡੀ ਦਾ ਸੰਤੁਲਨ ਵਿਗੜ ਗਿਆ ਅਤੇ ਕਾਰ ਸੜਕ ਦੇ ਨਾਲ ਬਣੇ ਫੁੱਟਪਾਥ ਨਾਲ ਜਾ ਟਕਰਾਈ। ਟੱਕਰ ਇੰਨੀ ਤੇਜ਼ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਦੋਵੇਂ ਵਿਅਕਤੀ ਗੱਡੀ ਅੰਦਰ ਫਸ ਗਏ।

ਹਾਦਸੇ ਦੀ ਸੂਚਨਾ ਮਿਲਦੇ ਹੀ ਸਮਾਜ ਸੇਵਾ ਸੋਸਾਇਟੀ ਦੇ ਮੈਂਬਰ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਬੜੀ ਮੁਸ਼ਕਲ ਨਾਲ ਦੋਵਾਂ ਜ਼ਖ਼ਮੀਆਂ ਨੂੰ ਕਾਰ ਵਿਚੋਂ ਬਾਹਰ ਕੱਢਿਆ। ਇਸ ਤੋਂ ਬਾਅਦ ਸਮਾਜ ਸੇਵਾ ਸੋਸਾਇਟੀ ਦੇ ਮੈਂਬਰਾਂ ਵੱਲੋਂ ਜ਼ਖ਼ਮੀਆਂ ਨੂੰ ਤੁਰੰਤ ਮੋਗਾ ਦੇ ਸਿਵਲ ਹਸਪਤਾਲ ਵਿੱਚ ਇਲਾਜ ਲਈ ਲਿਆਂਦਾ ਗਿਆ। ਸਿਵਲ ਹਸਪਤਾਲ ਵਿੱਚ ਡਾਕਟਰਾਂ ਵੱਲੋਂ ਕੀਤੀ ਜਾਂਚ ਦੌਰਾਨ ਇੱਕ ਵਿਅਕਤੀ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ, ਜਦਕਿ ਦੂਜੇ ਵਿਅਕਤੀ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸਨੂੰ ਤੁਰੰਤ ਫਰੀਦਕੋਟ ਮੈਡੀਕਲ ਕਾਲਜ ਲਈ ਰੈਫਰ ਕਰ ਦਿੱਤਾ ਗਿਆ।

ਹਾਦਸੇ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਮੌਕੇ ਇਲਾਕਾ ਵਾਸੀਆਂ ਵੱਲੋਂ ਸਮਾਜ ਸੇਵਾ ਸੋਸਾਇਟੀ ਦੇ ਮੈਂਬਰਾਂ ਦੀ ਤੁਰੰਤ ਮਦਦ ਅਤੇ ਮਨੁੱਖੀ ਸੇਵਾ ਦੀ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ।

Exit mobile version