ਗੁਰੂ ਰਵਿਦਾਸ ਜੀ ਦੇ 647ਵਾਂ ਪ੍ਰਕਾਸ਼ ਪੁਰਬ ਮੌਕੇ ਜਲੰਧਰ ’ਚ 23 ਫਰਵਰੀ ਨੂੰ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਦੇ ਮੱਦੇਨਜਰ ਜਲੰਧਰ ਸ਼ਹਿਰ ਦੇ ਸਰਕਾਰੀ ਅਤੇ ਗੈਰ ਸਰਕਾਰੀ ਵਿਦਿਅਕ ਅਦਾਰਿਆਂ ’ਚ ਪੂਰੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਸੰਸਦ ਮੈਂਬਰ ਵੱਲੋਂ ਇਸ ਸਬੰਧੀ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨਾਲ ਮੁਲਾਕਾਤ ਕਰਕੇ ਸ਼ੋਭਾ ਯਾਤਰਾ ’ਚ ਲੋਕਾਂ ਦੀ ਵੱਡੀ ਗਿਣਤੀ ’ਚ ਸ਼ਮੂਲੀਅਤ ਅਤੇ ਲੋਕ ਭਾਵਨਾਵਾਂ ਦੇ ਮੱਦੇਨਜਰ ਜਲੰਧਰ ਸ਼ਹਿਰ ’ਚ ਪੂਰੇ ਦਿਨ ਦੀ ਛੁੱਟੀ ਕਰਨ ਦੀ ਮੰਗ ਕੀਤੀ ਗਈ ਤਾਂ ਜੋ ਸੰਗਤ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ੋਭਾ ਯਾਤਰਾ ’ਚ ਵੱਡੀ ਗਿਣਤੀ ’ਚ ਹਿੱਸਾ ਲੈ ਸਕੇ। ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਸ਼ੋਭਾ ਯਾਤਰਾ ਦੌਰਾਨ ਸੰਗਤ ਦੀ ਸਹੂਲਤ, ਆਵਾਜਾਈ ਦੇ ਪੁਖ਼ਤਾ ਪ੍ਰਬੰਧਾਂ , ਸੁਰੱਖਿਆ ਵਿਵਸਥਾ, ਸ਼ਹਿਰ ਦੀ ਸਾਫ਼ ਸਫ਼ਾਈ ਯਕੀਨੀ ਬਣਾਉਣ ਬਾਰੇ ਵੀ ਕਿਹਾ ਗਿਆ ਹੈ, ਜਿਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ।
ਇਸੇ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮ ਅਨੁਸਾਰ 23 ਫਰਵਰੀ ਨੂੰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ ਸ਼ਹਿਰ ’ਚ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਜਾ ਰਹੀ ਹੈ, ਜਿਸ ਕਰਕੇ ਆਵਾਜਾਈ ਦੇ ਕਈ ਰੂਟ ਬਦਲੇ ਗਏ ਹਨ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਸੰਗਤ ਵੀ ਸ਼ੋਭਾ ਯਾਤਰਾ ’ਚ ਸ਼ਾਮਲ ਹੋ ਸਕੇ।
ਜਾਰੀ ਹੁਕਮ ਮੁਤਾਬਕ ਇਸ ਦਿਨ ਲੋਕਾਂ ਦੀਆਂ ਭਾਵਨਾਵਾਂ ਅਤੇ ਸਕੂਲ/ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਲਈ ਜਲੰਧਰ ਸ਼ਹਿਰ ਦੀ ਹਦੂਦ ਅੰਦਰ ਆਉਂਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ/ਕਾਲਜਾਂ ’ਚ 23 ਫਰਵਰੀ ਨੂੰ ਛੁੱਟੀ ਹੋਵੇਗੀ। ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਜਿਹੜੇ ਸਕੂਲਾਂ /ਕਾਲਜਾਂ ’ਚ ਬੋਰਡ /ਯੂਨੀਵਰਸਿਟੀਆਂ ਦੀਆਂ ਪ੍ਰੀਖਿਆਵਾਂ ਉਕਤ ਮਿਤੀ ਮੌਕੇ ਨਿਰਧਾਰਤ ਹਨ, ਉਨਾਂ ਵਿਦਿਅਕ ਅਦਾਰਿਆਂ ਉੱਪਰ ਇਹ ਹੁਕਮ ਲਾਗੂ ਨਹੀਂ ਹੋਣਗੇ।
ਇਹੋ ਜਿਹੀਆਂ ਹੋਰ ਖਬਰਾਂ ਲਈ ਜੁੜੇ ਰਹੋ ਸਾਡੀ Website www.amritsarawaaz.com ਦੇ ਨਾਲ
ਧੰਨਵਾਦ