ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਕਾਰਟੈਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ਵਿੱਚੋਂ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤਾ ਗਿਆ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਅਗਲੇ-ਪਿਛਲੇ ਸਬੰਧਾਂ ‘ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਸਰਹੱਦ ਪਾਰ ਨਾਰਕੋ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਕੇ, ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਦਿਆਂ, 4.5 ਕਿਲੋਗ੍ਰਾਮ ਹੈਰੋਇਨ ਅਤੇ ਇੱਕ ਪਿਸਤੌਲ ਬਰਾਮਦ ਕੀਤਾ ਗਿਆ।
ਉਨ੍ਹਾਂ ਅੱਗੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਇੱਕ ਵਿਦੇਸ਼ੀ ਹੈਂਡਲਰ ਦੇ ਸੰਪਰਕ ਵਿੱਚ ਸਨ ਅਤੇ ਉਸਦੇ ਨਿਰਦੇਸ਼ਾਂ ‘ਤੇ, ਉਹ ਵੱਖ-ਵੱਖ ਥਾਵਾਂ ‘ਤੇ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਪਹੁੰਚਾ ਰਹੇ ਸਨ। ਐਨ.ਡੀ.ਪੀ.ਐੱਸ. ਐਕਟ ਅਤੇ ਆਰਮਜ਼ ਐਕਟ ਤਹਿਤ ਪੁਲਿਸ ਥਾਣਾ ਗੇਟ ਹਕੀਮਾ, ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਦਰਜ ਕੀਤੀ ਅਤੇ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
