Site icon Amritsar Awaaz

ਮਤਰਏ ਪਿਓ ਨੇ ਨਾਬਾਲਗ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ, ਕੁੜੀ ‘ਤੇ ਰੱਖਦਾ ਸੀ ਮਾੜੀ ਨਿਗਾਹ!

ਅੰਮ੍ਰਿਤਸਰ ਦੇ ਕੋਟ ਖਾਲਸਾ ਇਲਾਕੇ ਅਧੀਨ ਆਉਂਦੇ ਇੱਕ ਮੁਹੱਲੇ ਵਿੱਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ 15–16 ਸਾਲ ਦੀ ਨਾਬਾਲਿਗ ਲੜਕੀ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਫੋਰੈਂਸਿਕ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ।
ਪੁਲਿਸ ਮੁਤਾਬਕ ਸਵੇਰੇ ਜਾਣਕਾਰੀ ਮਿਲੀ ਸੀ ਕਿ ਘਰ ਅੰਦਰ ਇੱਕ ਨਾਬਾਲਿਗ ਲੜਕੀ ਦੀ ਲਾਸ਼ ਪਈ ਹੈ। ਮੌਕੇ ‘ਤੇ ਪਹੁੰਚ ਕੇ ਜਾਂਚ ਦੌਰਾਨ ਖੁਲਾਸਾ ਹੋਇਆ ਕਿ ਲੜਕੀ ਦਾ ਕਤਲ ਉਸ ਦੇ ਮਤਰਏ ਪਿਓ ਸੋਨੂੰ ਵੱਲੋਂ ਕੀਤਾ ਗਿਆ ਹੈ। ਪੁਲਿਸ ਮੁਤਾਬਕ ਦੋਸ਼ੀ ਸੋਨੂੰ ਲੜਕੀ ਉੱਤੇ ਮਾੜੀ ਨਿਗਾਹ ਰੱਖਣ ਲੱਗ ਪਿਆ ਸੀ, ਜਿਸ ਕਾਰਨ ਘਰ ਵਿੱਚ ਅਕਸਰ ਝਗੜੇ ਅਤੇ ਤਕਰਾਰ ਰਹਿੰਦੀ ਸੀ।
ਘਟਨਾ ਵਾਲੇ ਦਿਨ ਲੜਕੀ ਦੀ ਮਾਂ ਅਨੀਤਾ ਹੋਰ ਬੱਚਿਆਂ ਦੇ ਨਾਲ ਕੰਮ ‘ਤੇ ਗਈ ਹੋਈ ਸੀ। ਜਦੋਂ ਉਹ ਵਾਪਸ ਘਰ ਆਈ ਤਾਂ ਉਸ ਨੇ ਅੰਦਰ ਕੁੜੀ ਦੀ ਖੂਨ ਨਾਲ ਲੱਥਪੱਥ ਲਾਸ਼ ਪਈ ਦੇਖੀ, ਜਿਸ ਤੋਂ ਬਾਅਦ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਨੇ ਸੋਟੀ ਨਾਲ ਲੜਕੀ ਦੇ ਸਿਰ ‘ਤੇ ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ। ਪੁਲਿਸ ਵੱਲੋਂ ਵਰਤੀ ਗਈ ਸੋਟੀ ਨੂੰ ਮੌਕੇ ਤੋਂ ਬਰਾਮਦ ਕਰ ਲਿਆ ਗਿਆ ਹੈ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐਸਪੀ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ ਅਤੇ ਦੋਸ਼ੀ ਮਤਰਏ ਪਿਓ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ।

Exit mobile version