ਦੇਸ਼ ਦੇ ਕਈ ਸੂਬਿਆਂ ਵਿੱਚ ਕੜਾਕੇ ਦੀ ਠੰਢ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਸਾਲ ਉੱਤਰ ਪ੍ਰਦੇਸ਼, ਪੰਜਾਬ, ਦਿੱਲੀ ਅਤੇ ਹਰਿਆਣਾ ਸਮੇਤ ਹੋਰ ਉੱਤਰੀ ਭਾਰਤੀ ਰਾਜਾਂ ਵਿੱਚ ਵਧੇਰੇ ਠੰਢ ਅਤੇ ਧੁੰਦ ਦੇਖਣ ਨੂੰ ਮਿਲ ਰਹੀ ਹੈ। ਠੰਢ ਦੇ ਮੱਦੇਨਜ਼ਰ ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਨੋਇਡਾ ਅਤੇ ਗਾਜ਼ੀਆਬਾਦ ਵਿੱਚ ਪਹਿਲਾਂ ਹੀ ਛੁੱਟੀਆਂ 15 ਜਨਵਰੀ ਤੱਕ ਵਧਾਈਆਂ ਗਈਆਂ ਸਨ।
ਪ੍ਰਯਾਗਰਾਜ ਜ਼ਿਲ੍ਹਾ ਪ੍ਰਸ਼ਾਸਨ ਨੇ ਮਾਘ ਮੇਲੇ ਕਾਰਨ ਸ਼ਰਧਾਲੂਆਂ ਦੀ ਭੀੜ ਅਤੇ ਠੰਢ ਵਿੱਚ ਸੁਧਾਰ ਨਾ ਹੋਣ ਕਾਰਨ ਅੱਠਵੀਂ ਜਮਾਤ ਤੱਕ ਦੇ ਸਕੂਲਾਂ ਨੂੰ 20 ਜਨਵਰੀ ਤੱਕ ਬੰਦ ਰੱਖਣ ਦਾ ਹੁਕਮ ਦਿੱਤਾ ਹੈ। ਇਹ ਹੁਕਮ ਸਰਕਾਰੀ ਸਕੂਲਾਂ ਦੇ ਨਾਲ-ਨਾਲ ਸਾਰੇ ਨਿੱਜੀ (ਪ੍ਰਾਈਵੇਟ) ਸਕੂਲਾਂ ‘ਤੇ ਵੀ ਬਰਾਬਰ ਲਾਗੂ ਹੋਵੇਗਾ।
ਚੰਡੀਗੜ੍ਹ ਵਿੱਚ 19 ਜਨਵਰੀ ਨੂੰ ਖੁੱਲ੍ਹਣਗੇ ਸਕੂਲ
ਸ਼ੀਤ ਲਹਿਰ ਕਾਰਨ ਵਿਦਿਆਰਥੀਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਨੇ ਸਕੂਲਾਂ ਦੀਆਂ ਛੁੱਟੀਆਂ 17 ਜਨਵਰੀ ਤੱਕ ਵਧਾ ਦਿੱਤੀਆਂ ਹਨ। ਕਿਉਂਕਿ 18 ਜਨਵਰੀ ਨੂੰ ਐਤਵਾਰ ਹੈ, ਇਸ ਲਈ ਸਕੂਲ ਹੁਣ 19 ਜਨਵਰੀ ਨੂੰ ਦੁਬਾਰਾ ਖੁੱਲ੍ਹਣਗੇ।
ਇਸ ਤੋਂ ਇਲਾਵਾ ਦਿੱਲੀ ਅਤੇ ਹਰਿਆਣਾ ਵਿੱਚ 15 ਜਨਵਰੀ ਤੱਕ ਸਰਦੀਆਂ ਦੀਆਂ ਛੁੱਟੀਆਂ ਹਨ। ਗੁਜਰਾਤ ਵਿੱਚ ਵੀ ਉੱਤਰਾਇਣ ਤਿਉਹਾਰ ਕਾਰਨ ਅੱਜ ਯਾਨੀ 15 ਜਨਵਰੀ ਤੱਕ ਸਕੂਲ ਬੰਦ ਰਹਿਣਗੇ। ਇਨ੍ਹਾਂ ਰਾਜਾਂ ਤੋਂ ਇਲਾਵਾ ਤਾਮਿਲਨਾਡੂ ਵਿੱਚ ਠੰਢ ਅਤੇ ਪੋਂਗਲ ਦੇ ਮੱਦੇਨਜ਼ਰ ਸਕੂਲਾਂ ਨੂੰ 17 ਜਨਵਰੀ ਤੱਕ ਬੰਦ ਰੱਖਿਆ ਜਾਵੇਗਾ। ਵਿਦਿਆਰਥੀ ਜਾਂ ਉਨ੍ਹਾਂ ਦੇ ਮਾਪੇ ਸਕੂਲਾਂ ਦੀਆਂ ਛੁੱਟੀਆਂ ਬਾਰੇ ਤਾਜ਼ਾ ਜਾਣਕਾਰੀ ਲਈ ਆਪਣੇ ਸਕੂਲਾਂ ਨਾਲ ਸੰਪਰਕ ਕਰ ਸਕਦੇ ਹਨ।

