ਅਰਵਿੰਦ ਸ਼ਰਮਾ ਨੇ ਗੀਤ ਨੂੰ ਹਿੰਸਾ ਲਈ ਉਕਸਾਉਣ ਵਾਲਾ ਦੱਸਦਿਆਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਇਸ ਸਬੰਧੀ ਲਿਖਤੀ ਸ਼ਿਕਾਇਤ ਭੇਜੀ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਗੀਤ ‘ਤੇ ਤੁਰੰਤ ਰੋਕ ਲਗਾਈ ਜਾਵੇ ਅਤੇ ਇਸ ਨੂੰ ਯੂਟਿਊਬ ਸਮੇਤ ਸਾਰੇ ਡਿਜੀਟਲ ਪਲੇਟਫਾਰਮਾਂ ਤੋਂ ਹਟਾਇਆ ਜਾਵੇ। ਜ਼ਿਕਰਯੋਗ ਹੈ ਕਿ ਇਹ ਗੀਤ 6 ਫਰਵਰੀ ਨੂੰ ਹੀ ਰਿਲੀਜ਼ ਹੋਇਆ ਹੈ।
ਪੰਜਾਬ ਵਿੱਚ ਗੰਨ ਕਲਚਰ (ਹਥਿਆਰਾਂ ਨੂੰ ਉਤਸ਼ਾਹਿਤ ਕਰਨ) ਨੂੰ ਹੁਲਾਰਾ ਦੇਣ ਵਾਲੇ ਗੀਤਾਂ ‘ਤੇ ਪਾਬੰਦੀ ਦੇ ਬਾਵਜੂਦ ਅਜਿਹੇ ਗਾਣਿਆਂ ਦੀ ਰਿਲੀਜ਼ ਰੁਕਣ ਦਾ ਨਾਂ ਨਹੀਂ ਲੈ ਰਹੀ। ਤਾਜ਼ਾ ਮਾਮਲਾ ਮਸ਼ਹੂਰ ਪੰਜਾਬੀ ਗਾਇਕ ਮਨਕੀਰਤ ਔਲਖ ਦੇ ਨਵੇਂ ਗੀਤ ‘ਅਸਲਾ’ ਦਾ ਸਾਹਮਣੇ ਆਇਆ ਹੈ। ਇਸ ਗੀਤ ਨੂੰ ਲੈ ਕੇ ਭਾਜਪਾ ਪੰਜਾਬ ਟ੍ਰੇਡ ਸੈੱਲ ਦੇ ਕੋ-ਕਨਵੀਨਰ ਅਰਵਿੰਦ ਸ਼ਰਮਾ ਨੇ ਸਖ਼ਤ ਇਤਰਾਜ਼ ਜਤਾਇਆ ਹੈ।
ਡੀਜੀਪੀ ਨੂੰ ਦਿੱਤੀ ਸ਼ਿਕਾਇਤ ਵਿੱਚ ਅਰਵਿੰਦ ਸ਼ਰਮਾ ਨੇ ਕਿਹਾ ਕਿ ਪੰਜਾਬ ਪਹਿਲਾਂ ਹੀ ਨਸ਼ਾ, ਗੈਂਗਵਾਰ ਅਤੇ ਨਾਜਾਇਜ਼ ਹਥਿਆਰਾਂ ਵਰਗੀਆਂ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਅਜਿਹੇ ਮਾਹੌਲ ਵਿੱਚ ‘ਅਸਲਾ’ ਵਰਗੇ ਗੀਤ ਨੌਜਵਾਨਾਂ ਨੂੰ ਹਿੰਸਾ ਵੱਲ ਪ੍ਰੇਰਿਤ ਕਰ ਸਕਦੇ ਹਨ ਅਤੇ ਇਹ ਕਾਨੂੰਨ ਵਿਵਸਥਾ ਲਈ ਸਿੱਧਾ ਖ਼ਤਰਾ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਗੰਨ ਕਲਚਰ ਵਾਲੇ ਗੀਤਾਂ ‘ਤੇ ਬੈਨ ਲਗਾਏ ਜਾਣ ਦੇ ਬਾਵਜੂਦ ਲਗਾਤਾਰ ਅਜਿਹੇ ਗਾਣੇ ਰਿਲੀਜ਼ ਕੀਤੇ ਜਾ ਰਹੇ ਹਨ। ਅਰਵਿੰਦ ਸ਼ਰਮਾ ਨੇ ਮੰਗ ਕੀਤੀ ਕਿ ਇਸ ਗੀਤ ਨੂੰ ਤੁਰੰਤ ਸਾਰੇ ਡਿਜੀਟਲ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਹਟਾਇਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਭਵਿੱਖ ਵਿੱਚ ਅਜਿਹੇ ਕੰਟੈਂਟ ਨੂੰ ਰੋਕਣ ਲਈ ਡਿਜੀਟਲ ਪਲੇਟਫਾਰਮਾਂ ਲਈ ਸਖ਼ਤ ਗਾਈਡਲਾਈਨਜ਼ ਜਾਰੀ ਕੀਤੀਆਂ ਜਾਣ, ਤਾਂ ਜੋ ਨੌਜਵਾਨਾਂ ਨੂੰ ਹਿੰਸਾ ਤੋਂ ਦੂਰ ਰੱਖਿਆ ਜਾ ਸਕੇ।

