Jathedar Kuldeep Singh Gargajj : ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼ਿਲੌਂਗ ਦੀ ਸਿੱਖ ਸੰਗਤ ਨੂੰ ਚੜ੍ਹਦੀ ਕਲਾ ਨਾਲ ਗੁਰਸਿੱਖੀ ਵਾਲਾ ਜੀਵਨ ਬਤੀਤ ਕਰਨ ਲਈ ਪ੍ਰੇਰਣਾ ਕੀਤੀ ਅਤੇ ਆਪਣੀ ਬੱਚਿਆਂ ਨੂੰ ਗੁਰਮੁਖੀ ਪੰਜਾਬ ਸਿਖਾਉਣ ਲਈ ਆਖਿਆ ਤਾਂ ਜੋ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਨਾਲ ਜੁੜ ਸਕਣ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਐਤਵਾਰ ਮੇਘਾਲਿਆ ਸੂਬੇ ਦੇ ਸ਼ਿਲੌਂਗ ਸ਼ਹਿਰ ਵਿੱਚ ਸਥਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ, ਬੜਾ ਬਜ਼ਾਰ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਸਾਕੇ ਦੇ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਗਏ ਵਿਸ਼ੇਸ਼ ਗੁਰਮਤਿ ਸਮਾਗਮ ਵਿੱਚ ਸ਼ਮੂਲੀਅਤ ਕੀਤੀ।
ਇਸ ਤੋਂ ਪਹਿਲਾਂ ਜਥੇਦਾਰ ਗੜਗੱਜ ਨੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼ਿਲੌਂਗ ਸ਼ਹਿਰ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਲਾਈਤੁਮਖਰ੍ਹਾ ਦੀ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਗੁਰੂ ਨਾਨਕ ਦਰਬਾਰ, ਬੜਾ ਬਜ਼ਾਰ ਤੱਕ ਸਜਾਏ ਗਏ ਨਗਰ ਕੀਰਤਨ ਵਿੱਚ ਵੀ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੀ ਸੰਪੂਰਨਤਾ ਮੌਕੇ ਜਥੇਦਾਰ ਗੜਗੱਜ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਪਾਲਕੀ ਸਾਹਿਬ ਤੋਂ ਗੁਰੂ ਘਰ ਵਿਖੇ ਸੁਖਾਸਨ ਅਸਥਾਨ ਵਿੱਚ ਸ਼ੁਸੋਭਿਤ ਕਰਨ ਦੀ ਸੇਵਾ ਕੀਤੀ ਗਈ। ਇਨ੍ਹਾਂ ਸਮਾਗਮਾਂ ਮੌਕੇ ਸ਼ਿਲੌਂਗ, ਮੇਘਾਲਿਆ ਦੀ ਸਥਾਨਕ ਸੰਗਤ ਦੇ ਨਾਲ-ਨਾਲ ਅਸਾਮ ਤੇ ਉੱਤਰ ਪੂਰਬ ਦੀ ਸਿੱਖ ਸੰਗਤ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।
ਗੁਰਮਤਿ ਸਮਾਗਮ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਭਾਈ ਹਰਪਾਲ ਸਿੰਘ ਸਾਜਨ ਦੇ ਹਜ਼ੂਰੀ ਰਾਗੀ ਜਥੇ, ਭਾਈ ਬੋਹੜ ਸਿੰਘ ਦੇ ਕਵੀਸ਼ਰੀ ਜਥੇ ਅਤੇ ਭਾਈ ਨਿਰਮਲ ਸਿੰਘ ਜੇਠੂਵਾਲ ਦੇ ਢਾਡੀ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਅਤੇ ਗੁਰ ਇਤਿਹਾਸ ਨਾਲ ਜੋੜਿਆ।
ਸੰਗਤ ਨੂੰ ਸੰਬੋਧਨ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼ਿਲੌਂਗ ਦੀ ਸਿੱਖ ਸੰਗਤ ਨੂੰ ਚੜ੍ਹਦੀ ਕਲਾ ਨਾਲ ਗੁਰਸਿੱਖੀ ਵਾਲਾ ਜੀਵਨ ਬਤੀਤ ਕਰਨ ਲਈ ਪ੍ਰੇਰਣਾ ਕੀਤੀ ਅਤੇ ਆਪਣੀ ਬੱਚਿਆਂ ਨੂੰ ਗੁਰਮੁਖੀ ਪੰਜਾਬ ਸਿਖਾਉਣ ਲਈ ਆਖਿਆ ਤਾਂ ਜੋ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਨਾਲ ਜੁੜ ਸਕਣ। ਉਨ੍ਹਾਂ ਇਸ ਗੱਲ ਉੱਤੇ ਤਸੱਲੀ ਪ੍ਰਗਟਾਈ ਕਿ ਸ਼ਿਲੌਂਗ ਦੇ ਬਹੁਤੇ ਸਿੱਖ ਨੌਜਵਾਨਾਂ ਆਪਣੀ ਸਾਬਤ ਸੂਰਤ ਸਿੱਖ ਪਛਾਣ ਕਾਇਮ ਰੱਖੀ ਹੈ। ਜਥੇਦਾਰ ਗੜਗੱਜ ਨੇ ਉੱਤਰ ਪੂਰਬ ਦੇ ਸਿੱਖਾਂ ਨੂੰ ਆਪਣੀ ਸਾਬਤ ਸੂਰਤ ਸਿੱਖ ਪਛਾਣ ਕਾਇਮ ਰੱਖਣ ਅਤੇ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਆਖਿਆ।
