ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਪੱਸ਼ਟੀਕਰਨ ਦੇਣ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹੁੰਚ ਚੁੱਕੇ ਹਨ। ਭਗਵੰਤ ਸਿੰਘ ਮਾਨ ਸਭ ਤੋਂ ਪਹਿਲਾਂ ਗੇਟ ਘੰਟਾ ਘਰ ਰਾਹੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਪਰਿਕਰਮਾਂ ਵਿੱਚ ਗਏ। ਨਤਮਸਤਕ ਹੋਣ ਤੋਂ ਬਾਅਦ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਨੂੰ ਆਪਣਾ ਸਪੱਸ਼ਟੀਕਰਨ ਦੇਣਗੇ।
ਮੁੱਖ ਮੰਤਰੀ ਭਗਵੰਤ ਮਾਨ ਦੇ ਕਤਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਨੂੰ ਸਪੱਸ਼ਟੀਕਰਨ ਦੇਣ ਦੇ ਇਸ ਪ੍ਰੋਗਰਾਮ ਤਹਿਤ ਜਿੱਥੇ ਪੁਲਿਸ ਪ੍ਰਸ਼ਾਸਨ ਵੱਲੋਂ ਸਖਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ। ਉੱਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਵੱਡੀ ਤਾਦਾਦ ਦੇ ਵਿੱਚ ਮੁਲਾਜ਼ਮਾਂ ਨੂੰ ਤੈਨਾਤ ਕੀਤਾ ਗਿਆ ਹੈ।

ਦੱਸ ਦਈਏ ਕਿ ਮਾਨ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੀਆਂ ਸ਼ਿਕਾਇਤਾਂ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ 5 ਜਨਵਰੀ ਨੂੰ ਇਕ ਆਦੇਸ਼ ਜਾਰੀ ਕਰਦਿਆਂ ਭਗਵੰਤ ਮਾਨ ਨੂੰ 15 ਜਨਵਰੀ ਨੂੰ ਸਪੱਸ਼ਟੀਕਰਨ ਦੇਣ ਲਈ ਸਕੱਤਰੇਤ ਵਿਖੇ ਸਵੇਰੇ 10 ਵਜੇ ਸੱਦਿਆ ਸੀ। ਭਾਵੇਂ ਜਥੇਦਾਰ ਦੇ ਆਦੇਸ਼ ਅਨੁਸਾਰ ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਨੇ ਸਪੱਸ਼ਟੀਕਰਨ ਦੇਣ ਦਾ ਸਮਾਂ ਬਦਲ ਕੇ ਸ਼ਾਮ 4.30 ਵਜੇ ਕਰਦਿਆਂ ਮੁੱਖ ਮੰਤਰੀ ਮਾਨ ਨੂੰ ਪੁੱਜਣ ਦਾ ਨਵਾਂ ਪੱਤਰ ਜਾਰੀ ਕਰ ਦਿੱਤਾ ਸੀ ਪਰ ਮਾਨ ਨੇ ਟਵੀਟ ਕਰ ਕੇ ਕਿਹਾ ਸੀ ਕਿ ਮੈਂ 15 ਜਨਵਰੀ ਨੂੰ ਸਵੇਰੇ 10 ਵਜੇ ਨਿਮਰਤਾ ਸਹਿਤ ਹਾਜ਼ਰ ਹੋਣ ਲਈ ਤਿਆਰ ਹਾਂ।
ਇਸੇ ਦੌਰਾਨ ਬੁੱਧਵਾਰ ਦੇਰ ਸ਼ਾਮ ਤੱਕ ਕੋਈ ਵੀ ਬਦਲਵਾਂ ਸਮਾਂ ਤੈਅ ਕਰਨ ਲਈ ਦੋਹਾਂ ਪਾਸਿਓਂ ਗੱਲਬਾਤ ਹੁੰਦੀ ਰਹੀ। ਮੁੱਖ ਮੰਤਰੀ ਪਹਿਲਾਂ ਤੋਂ ਤੈਅ ਪ੍ਰੋਗਰਾਮ ਤਹਿਤ ਦੇਰ ਰਾਤ ਅੰਮ੍ਰਿਤਸਰ ਵਿਖੇ ਪਹੁੰਚ ਗਏ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸ੍ਰੀ ਅਨੰਦਪੁਰ ਸਾਹਿਬ ਪਹੁੰਚ ਚੁੱਕੇ ਸਨ। ਮਾਨ ਦੇ ਸਪੱਸ਼ਟੀਕਰਨ ਲਈ ਜਥੇਦਾਰ ਵਲੋਂ ਨਾ 10 ਵਜੇ ਤੇ ਨਾ ਹੀ ਸਾਢੇ 4 ਵਜੇ ਬਲਕਿ ਵਿਚਲਾ ਸਮਾਂ ਦੁਪਹਿਰ 12 ਵਜੇ ਦੇ ਲਗਪਗ ਤੈਅ ਕਰ ਲਿਆ ਗਿਆ ਸੀ।

