ਸਰਹੱਦ ਪਾਰਲੇ ਸਮੱਗਲਰਾਂ ਕੋਲੋਂ ਡ੍ਰੋਨ ਦੀ ਮਦਦ ਨਾਲ ਹੈਰੋਇਨ ਦੀਆਂ ਖੇਪਾਂ ਮੰਗਵਾਉਣ ਵਾਲੇ ਚਾਰ ਨੌਜਵਾਨਾਂ ਨੂੰ ਥਾਣਾ ਖਾਲੜਾ ਦੀ ਪੁਲਿਸ ਨੇ ਸੂਚਨਾ ਦੇ ਅਧਾਰ ’ਤੇ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਜਿਨ੍ਹਾਂ ਦੇ ਕਬਜੇ ਵਿੱਚੋਂ ਇਕ ਕਿਲੋ ਦੇ ਕਰੀਬ ਹੈਰੋਇਨ, ਮੋਟਰਸਾਈਕਲ ਅਤੇ ਦੋ ਮੋਬਾਇਲ ਫੋਨ ਬਰਾਮਦ ਕੀਤੇ ਗਏ ਹਨ। ਜਦੋਂਕਿ ਚਾਰਾਂ ਵਿਰੁੱਧ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਡੀਐੱਸਪੀ ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਭਿੱਖੀਵਿੰਡ ’ਚ ਪੱਤਰਕਾਰ ਵਾਰਤਾ ਦੌਰਾਨ ਦੱਸਿਆਂ ਕਿ ਥਾਣਾ ਖਾਲੜਾ ਦੇ ਮੁਖੀ ਸਬ ਇੰਸਪੈਕਟਰ ਗੁਰਸਾਹਿਬ ਸਿੰਘ ਨੂੰ ਸੂਚਨਾ ਮਿਲੀ ਸੀ ਕਿ ਜੋਬਨਜੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਗੁਮਾਨਪੁਰਾ, ਹਰਪ੍ਰੀਤ ਸਿੰਘ ਹੈਪੀ ਪੁੱਤਰ ਜੋਗਿੰਦਰਪਾਲ ਸਿੰਘ ਵਾਸੀ ਹੁਕਮ ਚੰਦ ਕਲੋਨੀ, ਆਜ਼ਾਦ ਨਗਰ ਛੇਹਰਟਾ, ਸ਼ਮਸ਼ੇਰ ਸਿੰਘ ਸ਼ੇਰਾ ਪੁੱਤਰ ਦਲੀਪ ਸਿੰਘ ਵਾਸੀ ਧਨੋਅ ਜੋ ਹੁਣ ਅੰਮ੍ਰਿਤਸਰ ਦੇ ਇਲਾਕੇ ਸ਼ਹੀਦ ਊਧਮ ਸਿੰਘ ਨਗਰ ਰਹਿੰਦਾ ਹੈ ਤੋਂ ਇਲਾਵਾ ਪਲਵਿੰਦਰ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਪਹੂਵਿੰਡ, ਪਾਕਿਸਤਾਨੀ ਸਮੱਗਲਰਾਂ ਕੋਲੋਂ ਡਰੋਨ ਦੀ ਮਦਦ ਨਾਲ ਹੈਰੋਇਨ ਦੀਆਂ ਖੇਪਾਂ ਮੰਗਵਾ ਕੇ ਅੱਗੇ ਵੇਚਦੇ ਹਨ। ਉਕਤ ਲੋਕਾਂ ਦੇ ਮੋਟਰਸਾਈਕਲ ਨੰਬਰ ਪੀਬੀ02 ਈਡਬਲਿਯੂ 8471 ’ਤੇ ਸਵਾਰ ਹੋ ਕੇ ਪਿੰਡ ਡੱਲ ਦੇ ਇਲਾਕੇ ਵਿਚ ਹੋਣ ਦੀ ਸੂਚਨਾ ਵੀ ਹੱਥ ਲੱਗੀ ਸੀ। ਜਿਸਦੇ ਚੱਲਦਿਆਂ ਉਨ੍ਹਾਂ ਨੇ ਨਾਕੇਬੰਦੀ ਕਰਕੇ ਚਾਰਾਂ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 1 ਕਿਲੋ 23 ਗ੍ਰਾਮ ਹੈਰੋਇਨ ਬਰਾਮਦ ਹੋਈ। ਜਦੋਂਕਿ ਉਨ੍ਹਾਂ ਦਾ ਮੋਟਰਸਾਈਕਲ ਅਤੇ ਦੋ ਮੋਬਾਈਲ ਫੋਨ ਵੀ ਮਿਲੇ। ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ’ਤੇ ਲਿਆ ਜਾਵੇਗਾ। ਜਿਨ੍ਹਾਂ ਕੋਲੋਂ ਹੋਰ ਬਰਾਮਦਗੀ ਹੋਣ ਦੀ ਸੰਭਾਵਨਾ ਹੈ।
