Punjab Weather News : IMD ਨੇ ਚੇਤਾਵਨੀ ਜਾਰੀ ਕੀਤੀ ਹੈ ਕਿ ਸੀਤ ਲਹਿਰ ਅਤੇ ਸੰਘਣੀ ਧੁੰਦ ਅਗਲੇ ਦੋ ਦਿਨਾਂ ਤੱਕ ਜਾਰੀ ਰਹੇਗੀ, ਜਿਸ ਨਾਲ ਸਿਹਤ, ਖੇਤੀਬਾੜੀ ਅਤੇ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ।
ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਦੋ ਹੋਰ ਦਿਨ ਸੀਤ ਲਹਿਰ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਅਨੁਸਾਰ, ਅੱਜ (ਵੀਰਵਾਰ) ਪੰਜਾਬ ਵਿੱਚ ਸੀਤ ਲਹਿਰ (Cold Wave) ਅਤੇ ਸੰਘਣੀ ਧੁੰਦ (Dense Fog) ਲਈ ਸੰਤਰੀ ਚੇਤਾਵਨੀ ਜਾਰੀ ਕੀਤੀ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵਿੱਚ ਥੋੜ੍ਹਾ ਵਾਧਾ ਹੋਇਆ ਹੈ। ਹਾਲਾਂਕਿ, ਵੱਧ ਤੋਂ ਵੱਧ ਤਾਪਮਾਨ ਅਜੇ ਵੀ 6.3 ਡਿਗਰੀ ਅਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ 3.2 ਡਿਗਰੀ ਘੱਟ ਸੀ।
ਬਠਿੰਡਾ ਵਿੱਚ ਵੀ ਤਾਪਮਾਨ 1.6 ਡਿਗਰੀ ਦੇ ਆਸ-ਪਾਸ ਰਿਹਾ ਅਤੇ ਸੰਘਣੀ ਧੁੰਦ ਨੇ ਕਈ ਖੇਤਰਾਂ ਨੂੰ ਢੱਕ ਲਿਆ, ਜਿਸ ਨਾਲ ਦ੍ਰਿਸ਼ਟੀ ਘੱਟ ਕੇ ਜ਼ੀਰੋ ਹੋ ਗਈ। ਆਵਾਜਾਈ ਅਤੇ ਉਡਾਣਾਂ ਪ੍ਰਭਾਵਿਤ ਹੋਈਆਂ, ਜਦੋਂ ਕਿ ਸਕੂਲਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ। IMD ਨੇ ਚੇਤਾਵਨੀ ਜਾਰੀ ਕੀਤੀ ਹੈ ਕਿ ਸੀਤ ਲਹਿਰ ਅਤੇ ਸੰਘਣੀ ਧੁੰਦ ਅਗਲੇ ਦੋ ਦਿਨਾਂ ਤੱਕ ਜਾਰੀ ਰਹੇਗੀ, ਜਿਸ ਨਾਲ ਸਿਹਤ, ਖੇਤੀਬਾੜੀ ਅਤੇ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ।
ਮੌਸਮ ਵਿਭਾਗ ਅਨੁਸਾਰ 16 ਤਰੀਕ ਤੋਂ ਪਹਾੜਾਂ ਵਿੱਚ ਬਰਫ਼ਬਾਰੀ ਅਤੇ ਪੰਜਾਬ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅਗਲੇ ਹਫ਼ਤੇ ਮੀਂਹ ਅਤੇ ਗੜੇਮਾਰੀ ਦੀ ਵੀ ਸੰਭਾਵਨਾ ਹੈ।
ਜਾਣੋ ਪੰਜਾਬ ਦੇ ਸ਼ਹਿਰਾਂ ਦਾ ਹਾਲ
ਮੌਸਮ ਵਿਭਾਗ ਅਨੁਸਾਰ ਅੱਜ ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ (ਮੁਹਾਲੀ) ਅਤੇ ਮਲੇਰਕੋਟਲਾ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।
ਦੂਜੇ ਪਾਸੇ ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਅਤੇ ਮਾਨਸਾ ਵਿੱਚ ਕੁਝ ਥਾਵਾਂ ‘ਤੇ ਸੰਘਣੀ ਧੁੰਦ ਪੈ ਸਕਦੀ ਹੈ। ਜਦੋਂ ਕਿ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਅਤੇ ਲੁਧਿਆਣਾ ਵਿੱਚ ਸੀਤ ਲਹਿਰ ਚੱਲ ਸਕਦੀ ਹੈ।
16 ਤਰੀਕ ਤੋਂ ਬਦਲੇਗਾ ਮੌਸਮ
਼ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਦਾ ਕਹਿਣਾ ਹੈ ਕਿ 17 ਤਰੀਕ ਤੱਕ ਮੌਸਮ ਖੁਸ਼ਕ ਰਹੇਗਾ ਅਤੇ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਹਾਲਾਂਕਿ, 18 ਤੋਂ 20 ਤਰੀਕ ਦੇ ਵਿਚਕਾਰ ਰਾਜ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਅਗਲੇ ਪੰਜ ਦਿਨਾਂ ਵਿੱਚ, ਘੱਟੋ-ਘੱਟ ਤਾਪਮਾਨ ਹੌਲੀ-ਹੌਲੀ 3 ਤੋਂ 5 ਡਿਗਰੀ ਵਧੇਗਾ। ਇਸ ਤੋਂ ਬਾਅਦ, ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।
ਮੌਸਮ ਵਿਭਾਗ ਦੇ ਅਨੁਸਾਰ, ਇਸ ਸਮੇਂ ਜੰਮੂ-ਕਸ਼ਮੀਰ ਅਤੇ ਹਿਮਾਚਲ ਤੋਂ ਬਰਫੀਲੀਆਂ ਹਵਾਵਾਂ ਚੱਲ ਰਹੀਆਂ ਹਨ, ਜਿਸ ਕਾਰਨ ਠੰਡ ਵਧ ਗਈ ਹੈ। ਹਾਲਾਂਕਿ ਅੱਜ ਤਾਪਮਾਨ ਵਿੱਚ ਥੋੜ੍ਹਾ ਵਾਧਾ ਹੋਵੇਗਾ, ਪਰ 16 ਤਰੀਕ ਤੋਂ ਹਵਾਵਾਂ ਦੀ ਦਿਸ਼ਾ ਬਦਲ ਜਾਵੇਗੀ।

